Saturday, August 1Malwa News
Shadow

ਸਰਕਾਰ ਦਾ ਮਕਸਦ ਹਰ ਲੋੜਵੰਦ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ – ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 1 ਅਗਸਤ । ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਾਮਚੁਰਾਸੀ ਹਲਕੇ ਦੇ ਪਿੰਡ ਬੂਰੇ ਰਾਜਪੂਤਾਂ ਵਿਖੇ ਕਰਵਾਏ ਗਏ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ‘ਮੁੱਖ ਮੰਤਰੀ ਮੇਰੀ ਰਸੋਈ ਸਕੀਮ’ ਅਧੀਨ ਲੋੜਵੰਦ ਪਰਿਵਾਰਾਂ ਨੂੰ ਸਮਾਰਟ ਕਾਰਡ ਅਤੇ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦਾ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਇਤਿਹਾਸਕ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਲੋੜਵੰਦ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਹੈ ਤਾਂ ਜੋ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਇਕੱਲਾ ਮਹਿਸੂਸ ਨਾ ਕਰੇ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮੇਰੀ ਰਸੋਈ ਸਕੀਮ’ ਸਮਾਜ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਇੱਕ ਵੱਡਾ ਸਹਾਰਾ ਸਾਬਤ ਹੋ ਰਹੀ ਹੈ ਅਤੇ ਇਸ ਰਾਹੀਂ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲ ਰਹੀ ਹੈ।
ਡਾ. ਰਵਜੋਤ ਸਿੰਘ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ ਪੱਖੀ ਨੀਤੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿੱਖਿਆ, ਸਿਹਤ, ਰੋਜ਼ਗਾਰ, ਬਿਜਲੀ, ਪਾਣੀ ਅਤੇ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਸਰਕਾਰ ਵੱਲੋਂ ਲਗਾਤਾਰ ਲੋਕ ਹਿੱਤ ਵਿੱਚ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਾਮਚੁਰਾਸੀ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਹੀ ਉਨ੍ਹਾਂ ਦੀ ਤਰਜੀਹ ਹੈ।
ਉਨ੍ਹਾਂ ਕਿਹਾ ਕਿ ‘ਲੋਕ ਮਿਲਣੀ’ ਪ੍ਰੋਗਰਾਮਾਂ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਸੁਣ ਕੇ ਤੁਰੰਤ ਹੱਲ ਕਰਨਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀ ਹਰ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਹਲਕਾ ਸ਼ਾਮਚੁਰਾਸੀ ਇੰਚਾਰਜ ਰਜਵੰਤ ਕੌਰ ਧਾਮੀ, ਸਰਪੰਚ ਰਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਪੰਚਾਇਤ ਨੁਮਾਇੰਦੇ ਅਤੇ ਪਿੰਡ ਵਾਸੀ ਹਾਜ਼ਰ ਸਨ।