
ਰੂਪਨਗਰ, 19 ਅਗਸਤ: ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਨੂੰ ਸਮਰਪਿਤ ਮਸ਼ਾਲ (ਟਾਰਚ ਰਿਲੇਅ) ਅੱਜ ਰੂਪਨਗਰ ਪਹੁੰਚੀ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਤੋਂ ਰੂਪਨਗਰ ਪਹੁੰਚੀ ਅਤੇ ਡਾ ਚਰਨਜੀਤ ਸਿੰਘ ਚੰਨੀ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਜੀ ਨੇ ਸੁਆਗਤ ਕੀਤਾ
ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ੍ਰੀ ਦਿਨੇਸ਼ ਚੱਢਾ, ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ, ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਸਮੇਤ ਖਿਡਾਰੀਆਂ, ਐਥਲੀਟਾਂ ਅਤੇ ਖੇਡ ਪ੍ਰੇਮੀਆਂ ਵੱਲੋਂ ਜੋਸ਼ੋ-ਖਰੋਸ਼ ਨਾਲ ਮਸ਼ਾਲ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਨੇ ਖੇਡ ਮਸ਼ਾਲ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡਾਂ ਪ੍ਰਤੀ ਨਵਾਂ ਉਤਸ਼ਾਹ ਪੈਦਾ ਕੀਤਾ ਹੈ ਅਤੇ ਇਸ ਰਾਹੀਂ ਬੱਚਿਆਂ ਤੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਮਿਲ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦਾ ਸੱਦਾ ਦਿੱਤਾ।
ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ, ਨਸ਼ਾ-ਮੁਕਤ ਅਤੇ ਨਰੋਏ ਪੰਜਾਬ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਅਤੇ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਨਾਮਣਾ ਖੱਟਣ ਲਈ ਵਧੀਆ ਮੰਚ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਜਿੱਤ ਲਈ ਜਜ਼ਬਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਵੀ ਪ੍ਰੇਰਿਤ ਕਰਦੀਆਂ ਹਨ।
ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਨੇ ਖੇਡ ਮਸ਼ਾਲ ਦਾ ਸਵਾਗਤ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਦਾ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕੀਤੀ ਜਾ ਸਕਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਖਿਡਾਰੀਆਂ ਅਤੇ ਨੌਜਵਾਨਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ 2026’ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਖੇਡਾਂ ਸਾਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡ ਮਸ਼ਾਲ ਨੌਜਵਾਨਾਂ ਵਿੱਚ ਖੇਡ ਭਾਵਨਾ, ਏਕਤਾ, ਭਾਈਚਾਰੇ ਅਤੇ ਉਤਸ਼ਾਹ ਦਾ ਸੰਦੇਸ਼ ਲੈ ਕੇ ਸੂਬੇ ਭਰ ਵਿੱਚ ਪਹੁੰਚ ਰਹੀ ਹੈ।
ਇਸ ਉਪਰੰਤ ਮਸ਼ਾਲ ਲੈ ਕੇ ਖਿਡਾਰੀਆਂ ਵੱਲੋਂ ਨਹਿਰੂ ਸਟੇਡੀਅਮ ਤੋਂ ਬੇਲਾ ਚੌਂਕ ਤੱਕ ਅਤੇ ਵਾਪਸ ਨਹਿਰੂ ਸਟੇਡੀਅਮ ਤੱਕ ਦੌੜ ਲਗਾਈ ਗਈ। ਮਸ਼ਾਲ ਮਾਰਚ ਵਿੱਚ ਲਗਭਗ 500 ਤੋ ਵੱਧ ਖਿਡਾਰੀਆਂ ਨੇ ਭਾਗ ਲਿਆ । ਇਸ ਉਪਰੰਤ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਮਸ਼ਾਲ ਨੂੰ ਅਗਲੇ ਪੜਾਅ ਲਈ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵੱਲ 20 ਅਗਸਤ ਨੂੰ ਸਵੇਰੇ ਰਵਾਨਾ ਕੀਤਾ ਜਾਵੇਗਾ
ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਬਲਾਕ ਪੱਧਰੀ ਟੂਰਨਾਮੈਂਟ ਸਤੰਬਰ 2026 ਤੋਂ ਸ਼ੁਰੂ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਅਥਲੈਟਿਕਸ, ਫੁਟਬਾਲ, ਵਾਲੀਬਾਲ ਸ਼ੂਟਿੰਗ, ਵਾਲੀਬਾਲ ਸਮੈਸ਼ਿੰਗ, ਖੋ-ਖੋ, ਕਬੱਡੀ ਸਰਕਲ ਸਟਾਈਲ ਅਤੇ ਕਬੱਡੀ ਨੈਸ਼ਨਲ ਸਟਾਈਲ ਸਮੇਤ ਵੱਖ-ਵੱਖ ਖੇਡਾਂ ਕਰਵਾਈਆਂ ਜਾਣਗੀਆਂ। ਮੁਕਾਬਲੇ ਲੜਕਿਆਂ ਅਤੇ ਲੜਕੀਆਂ ਲਈ ਵੱਖ-ਵੱਖ ਉਮਰ ਵਰਗਾਂ—ਅੰਡਰ-14, ਅੰਡਰ-17, ਅੰਡਰ-21, 21-30, 31-40, 41-50, 51-60, 61-70 ਅਤੇ 70 ਸਾਲ ਤੋਂ ਵੱਧ—ਵਿੱਚ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਦੇ ਚਾਹਵਾਨ ਖਿਡਾਰੀ ਪੰਜਾਬ ਸਰਕਾਰ ਦੇ ਖੇਡ ਪੋਰਟਲ sports.punjab.gov.in/login ’ਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਇਸ ਮੌਕੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਚੇਅਰਮੈਨ ਮਾਰਕੀਟ ਕਮੇਟੀ ਰੂਪਨਗਰ ਭਾਗ ਸਿੰਘ ਮਦਾਨ, ਚੇਅਰਮੈਨ ਇੰਮਪਰੁਵਮੈਂਟ ਟਰੱਸਟ ਰੂਪਨਗਰ ਸ਼ਿਵ ਕੁਮਾਰ ਲਾਲਪੁਰਾ, ਅਮਨਦੀਪ ਸਿੰਘ ਜ਼ਿਲਾ ਖੇਡ ਵਿਭਾਗ ਦੇ ਸਮੂਹ ਕੋਚਿਜ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।