
ਚੰਡੀਗੜ੍ਹ, 10 ਫਰਵਰੀ : ਪੰਜਾਬ ਸਰਕਾਰ ਵਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਅਤੇ ਦਿਵਿਆਂਗਜਨ ਲਈ ਬਣਾਏ ਜਾ ਰਹੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿਚ ਬਰਨਾਲਾ ਜਿਲੇ ਨੇ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਪੰਜਾਬ ਭਰ ਵਿਚੋਂ ਬਰਨਾਲਾ ਜਿਲਾ ਪਹਿਲੇ ਸਥਾਨ ‘ਤੇ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਲਾ ਬਰਨਾਲਾ ਵਿਚ 70 ਫੀਸਦੀ ਤੋਂ ਵੀ ਵੱਧ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣ ਚੁੱਕੇ ਹਨ। ਇਨ੍ਹਾਂ ਕਾਰਡਾਂ ਨਾਲ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਇਹ ਕਾਰਡ ਬਹੁਤ ਜਰੂਰੀ ਹੈ। ਇਸ ਲਈ ਉਨ੍ਹਾਂ ਨੇ ਸਾਰੇ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕਾਰਡ ਜਲਦੀ ਬਣਾ ਲੈਣ।