
ਲੁਧਿਆਣਾ, 16 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋਰ ਦੇ ਕੇ ਕਿਹਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਅਮਰੀਕਾ ਤੋਂ ਗੈਰਕਾਨੂੰਨੀ ਵਾਪਸੀ ਤੋਂ ਸਬਕ ਸਿੱਖਣਾ ਚਾਹੀਦਾ ਹੈ ਅਤੇ ਗੈਰਕਾਨੂੰਨੀ ਤਰੀਕਿਆਂ ਨਾਲ ਵਿਦੇਸ਼ਾਂ ਦੀ ਦੌੜ ਵਿਚੋਂ ਬਾਹਰ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਨੌਜਵਾਨ ਆਪਣੇ ਸੂਬੇ ਨੂੰ ਮੋਹਰੀ ਸੂਬਾ ਬਣਾਉਣ ਲਈ ਮਿਹਨਤ ਕਰਨ।
ਜਿਲਾ ਲੁਧਿਆਣਾ ਦੇ ਪਿੰਡ ਘੁੰਗਰਾਲੀ ਵਿਖੇ ਇਕ ਟੂਰਨਾਮੈਂਟ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਦੁਨੀਆਂ ਦੀ ਸਭ ਤੋਂ ਉਪਜਾਊ ਧਰਤੀ ਹੈ, ਪਰ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਨੌਜਵਾਨਾਂ ਨੂੰ ਰੋਜਗਾਰ ਦੀ ਭਾਲ ਲਈ ਵਿਦੇਸ਼ਾਂ ਵੱਲ ਰੁੱਖ ਕਰਨਾ ਪਿਆ। ਉਨ੍ਹਾਂ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਧਰਤੀ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਭਾਵੇਂ ਅਮਰੀਕਾ ਤੋਂ ਗੈਰਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕਰਕੇ ਕਈ ਪਰਿਵਾਰਾਂ ਦੇ ਸੁਪਨੇ ਮਾਰ ਦਿੱਤੇ ਹਨ। ਅਨੇਕਾਂ ਨੌਜਵਾਨ ਲੱਖਾਂ ਰੁਪਏ ਲਾ ਕੇ ਚੰਗੇ ਭਵਿੱਖ ਦੀ ਆਸ ਨਾਲ ਗਏ ਸਨ, ਪਰ ਇਸ ਨੇ ਸਾਡੀਆਂ ਅੱਖਾਂ ਖੋਹਲ ਦਿੱਤੀਆਂ ਹਨ ਕਿ ਗੈਰਕਾਨੂੰਨੀ ਢੰਗਾਂ ਨਾਲ ਵਿਦੇਸ਼ ਜਾਣਾਂ ਕਿੰਨਾ ਖਤਰਨਾਕ ਹੋ ਸਕਦਾ ਹੈ। ਇਸ ਤੋਂ ਬਾਅਦ ਸਾਨੂੰ ਸਾਰਿਆਂ ਨੂੰ ਸੋਚਣਾ ਚਾਹੀਦਾ ਹੈ ਕਿ ਅਸੀਂ ਪੰਜਾਬ ਨੂੰ ਹੀ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਦੇਖੀਏ ਅਤੇ ਇਥੇ ਮਿਹਨਤ ਕਰਕੇ ਪੰਜਾਬ ਨੂੰ ਦੁਨੀਆਂ ਦਾ ਸਭ ਤੋਂ ਚੰਗਾ ਸੂਬਾ ਬਣਾਈਏ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਨੌਜ਼ਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ ਬਹੁਤ ਸੁਧਾਰ ਹੋ ਚੁੱਕਾ ਹੈ। ਹੁਣ ਤੱਕ 50 ਹਜਾਰ ਤੋਂ ਵੀ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ। ਹੁਣ ਫੇਰ ਸਰਕਾਰ ਵਲੋਂ ਹਜਾਰਾਂ ਨਵੀਆਂ ਆਸਾਮੀਆਂ ਕੱਢਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।