Monday, February 9Malwa News
Shadow

ਵਿਜੀਲੈਂਸ ਬਿਊਰੋ ਵੱਲੋਂ ਜਨਵਰੀ ਦੌਰਾਨ ਰਿਸ਼ਵਤਖੋਰੀ ਦੇ 8 ਮਾਮਲਿਆਂ ’ਚ 11 ਵਿਅਕਤੀ ਕਾਬੂ

ਚੰਡੀਗੜ੍ਹ, 9 ਫਰਵਰੀ :-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਆਪਣੀ ਮੁਹਿੰਮ ਦੌਰਾਨ ਜਨਵਰੀ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 8 ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਸਿਰਤੋੜ ਕੋਸ਼ਿਸ਼ ਕੀਤੀ  ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 24 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਇੰਕੁਆਇਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 16 ਮੁਲਜ਼ਮਾਂ ਵਿਰੁੱਧ 12 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 11 ਮੁਲਜ਼ਮ ਸਰਕਾਰੀ ਕਰਮਚਾਰੀ ਹਨ।

ਇਸ ਸਬੰਧੀ ਹੋਰ ਵੇਰਵੇ ਸਾਂਝ ਕਰਦਿਆਂ ਉਨ੍ਹਾਂ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ  ਸੱਤ ਰਿਸ਼ਵਤਖੋਰੀ  ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਗਿਆਰਾਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ 4-4 ਸਾਲ ਦੀ ਕੈਦ ਸਮੇਤ 10,000  ਰੁਪਏ ਤੋਂ 50,000/- ਰੁਪਏ ਤੱਕ ਦੇ ਜੁਰਮਾਨੇ ਕੀਤੇ ਗਏ ।