ਲੁਧਿਆਣਾ, 13 ਦਸੰਬਰ : ਪੰਜਾਬ ਸਰਕਾਰ ਵਲੋਂ ਭਰਿਸ਼ਟਾਚਾਰ ਵਿਰੁੱਧ ਆਰੰਭੀ ਗਈ ਮੁਹਿੰਮ ਦੇ ਤਹਿਤ ਅੱਜ ਵਿਜੀਲੈਂਸ ਨੇ ਜਗਰਾਉਂ ਵਿਖੇ ਤਾਇਨਾਤ ਇਕ ਪਟਵਾਰੀ ਵਿਕਾਸ ਸੋਨੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਜਿਲਾ ਲੁਧਿਆਣਾ ਦੇ ਪਿੰਡ ਲੀਲਾਂ ਦੇ ਵਾਸੀ ਸੁਖਵਿੰਦਰ ਸਿੰਘ ਨੇ ਮੁੱਖ ਮੰਤਰੀ ਵਲੋਂ ਜਾਰੀ ਕੀਤੀ ਭਰਿਸ਼ਟਾਚਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। ਸੁਖਵਿੰਦਰ ਸਿੰਘ ਨੇ ਦੋਸ਼ ਲਾਇਆ ਸੀ ਕਿ ਉਸਦੀ ਪਤਨੀ ਵਲੋਂ ਜ਼ਮੀਨ ਵੇਚੀ ਗਈ ਸੀ। ਪਟਵਾਰੀ ਵਿਕਾਸ ਸੋਨੀ ਨੇ ਇਸ ਜ਼ਮੀਨ ਦਾ ਇੰਤਕਾਲ ਦਰਜ ਨਹੀਂ ਕੀਤਾ। ਉਹ ਜ਼ਮੀਨ ਦੇ ਇੰਤਕਾਲ ਲਈ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਜਦੋਂ ਵਿਜੀਲੈਂਸ ਦੀ ਟੀਮ ਨੇ ਇਸਦੀ ਜਾਂਚ ਕੀਤੀ ਤਾਂ ਰਿਸ਼ਵਤ ਲੈਣ ਦੇ ਦੋਸ਼ ਸਹੀ ਪਾਏ ਗਏ। ਇਸ ਲਈ ਵਿਜੀਲੈਂਸ ਨੇ ਪਟਵਾਰੀ ਖਿਲਾਫ ਪਰਚਾ ਦਰਜ ਕਰਕੇ ਪਟਵਾਰੀ ਵਿਕਾਸ ਸੋਨੀ ਨੂੰ ਗ੍ਰਿਫਤਾਰ ਕਰ ਲਿਆ ਹੈ।