ਸੰਗਰੂਰ, 8 ਜਨਵਰੀ : ਪੁਰਾਣੀ ਪੰਚਾਇਤ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਵਾਉਣ ਲਈ 20 ਹਜਾਰ ਰੁਪਏ ਰਿਸ਼ਵਤ ਲੈਣ ਵਾਲੇ ਪੰਚਾਇਤ ਸੈਕਟਰੀ ਪ੍ਰਿਥਵੀ ਸਿੰਘ ਨੂੰ ਅੱਜ ਵਿਜੀਲੈਂਸ ਨੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ ਅਤੇ ਖੇਤਰੀ ਡਿਪਟੀ ਡਾਇਰੈਕਟਰ ਲੋਕ ਫੰਡ ਆਡਿਟ ਦਫਤਰ ਪਟਿਆਲਾ ਦੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ ਵੀ ਕੇਸ ਵਿਚ ਨਾਮਜ਼ਦ ਕਰ ਲਿਆ ਹੈ।
ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜਿਲਾ ਸੰਗਰੂਰ ਦੇ ਪਿੰਡ ਮਹਾਂ ਸਿੰਘ ਵਾਲਾ ਦੇ ਵਾਸੀ ਗੁਰਿੰਦਰ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਬੀ.ਡੀ.ਪੀ.ਓ. ਦਫਤਰ ਬਲਾਕ ਮੂਨਕ ਵਿਖੇ ਤਾਇਨਾਤ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਵਲੋਂ ਪੰਚਾਇਤੀ ਵਿਕਾਸ ਕਾਰਜਾਂ ਦੇ ਆਡਿਟ ਲਈ 20 ਹਜਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ। ਸ਼ਿਕਾਇਤ ਕਰਨ ਵਾਲੇ ਨੇ ਦੱਸਿਆ ਕਿ ਪੰਚਾਇਤ ਸੈਕਟਰੀ ਵਲੋਂ ਇਹ ਰਿਸ਼ਵਤ ਦੀ ਰਕਮ ਅੱਗੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ ਵੀ ਭੇਜੀ ਜਾਣੀ ਸੀ। ਇਸ ਸ਼ਿਕਾਇਤ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ ਤੁਰੰਤ ਕਾਰਵਾਈ ਕਰਦਿਆਂ ਪੰਚਾਇਤ ਸੈਕਟਰੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਪੰਚਾਇਤ ਸੈਕਟਰੀ ਪਾਸੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ ਹੈ।