Monday, November 4Malwa News
Shadow

4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਲਾਈਨਮੈਨ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਜੈਤੋਂ, ਜਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਲਾਈਨਮੈਨ ਗੁਰਭੇਜ ਸਿੰਘ ਵਿਰੁੱਧ 4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਕੇਸ ਮਨਿੰਦਰਜੀਤ ਸਿੰਘ ਵਾਸੀ ਜੈਤੋਂ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦੇ ਘਰ ਓਵਰਲੋਡ ਬਿਜਲੀ ਕੁਨੈਕਸ਼ਨ ਦੀ ਵਰਤੋਂ ਕਰਨ ਸਬੰਧੀ ਧਮਕੀ ਦੇ ਕੇ ਉਕਤ ਮੁਲਜ਼ਮ ਨੇ ਉਸ ਕੋਲੋਂ 4000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਲਾਈਨਮੈਨ ਵੱਲੋਂ ਰਿਸ਼ਵਤ ਮੰਗਣ ਸਮੇਂ ਕੀਤੀ ਗੱਲਬਾਤ ਆਪਣੇ ਮੋਬਾਈਲ ਫੋਨ ‘ਤੇ ਰਿਕਾਰਡ ਕਰ ਲਈ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਜਾਂਚ ਦੇ ਆਧਾਰ ‘ਤੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।