
ਜਲੰਧਰ, 12 ਜਨਵਰੀ : ਨਗਰ ਨਿਗਮ ਜਲੰਧਰ ਦੇ ਨਵੇਂ ਚੁਣੇ ਗਏ ਮੇਅਰ ਵਿਨੀਤ ਧੀਰ ਨੇ ਅੱਜ ਸਾਰੇ ਕੌਂਸਲਰਾਂ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਨੀਤ ਧੀਰ ਨੇ ਕਿਹਾ ਕਿ ਜਲੰਧਰ ਵਿਚ ਵਿਕਾਸ ਕਾਰਜਾਂ ਨੂੰ ਯੋਜਨਾਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਤੋਂ ਇਲਾਵਾ ਸ੍ਰੀ ਸੰਦੀਪ ਪਾਠਕ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਆਪ ਦੇ ਬਾਕੀ ਸੀਨੀਅਰ ਲੀਡਰਾਂ ਨੇ ਉਸ ‘ਤੇ ਭਰੋਸਾ ਜਿਤਾਇਆ ਹੈ। ਇਸ ਲਈ ਉਹ ਉਨ੍ਹਾਂ ਦੇ ਭਰੋਸੇ ਦੀ ਕਦਰ ਕਰਦਿਆਂ ਜਲੰਧਰ ਨੂੰ ਇਕ ਪੂਰਨ ਵਿਕਸਤ ਸ਼ਹਿਰ ਬਣਾਉਣ ਲਈ ਦਿਨ ਰਾਤ ਮਿਹਨਤ ਕਰਨਗੇ। ਜਲੰਧਰ ਦੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਵਿਨੀਤ ਧੀਰ ਨੇ ਕਿਹਾ ਕਿ ਸੀਵਰੇਜ ਦਾ ਓਵਰਫਲੋਅ, ਪੀਣ ਵਾਲੇ ਪਾਣੀ ਦੀ ਕਮੀ ਅਤੇ ਮਾੜੀਆਂ ਸਟਰੀਟ ਲਾਈਟਾਂ ਦੀਆਂ ਸਮੱਸਿਆਵਾਂ ਜਲੰਧਰ ਵਾਸੀਆਂ ਦੀਆਂ ਮੁੱਖ ਸਮੱਸਿਆਵਾਂ ਹਨ। ਇਸ ਲਈ ਸਭ ਤੋਂ ਪਹਿਲਾਂ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਟੁੱਟੀਆਂ ਸੜਕਾਂ ਦੀ ਮੁਰੰਮਤ ਕਰਨਾ ਅਤੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਅਧੁਨਿਕ ਬਣਾਉਣ ਲਈ ਵੀ ਪਹਿਲ ਦੇ ਆਧਾਰ ‘ਤੇ ਕੰਮ ਕੀਤਾ ਜਾਵੇਗਾ। ਉਨ੍ਹਾਂ ਨੇ ਸਾਰੇ ਕੌਂਸਲਰਾਂ ਅਤੇ ਜਲੰਧਰ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਨੂੰ ਸਹਿਯੋਗ ਦੇਣ ਲਈ ਵੀ ਧੰਨਵਾਦ ਕੀਤਾ।