
ਮਾਲੇਰਕੋਟਲਾ, 19 ਜੁਲਾਈ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣ ਲਈ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ ਅੱਜ ਜ਼ਿਲ੍ਹਾ ਮਾਲੇਰਕੋਟਲਾ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇ ਇਨ੍ਹਾਂ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਵੋਟਰਾਂ ਨੇ ਐਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਉਣ ਦੇ ਨਾਲ-ਨਾਲ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੀ ਸਹਾਇਤਾ ਨਾਲ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਵੀ ਮੁਕੰਮਲ ਕਰਵਾਈ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 3,25,433 ਐਨਿਊਮਰੇਸ਼ਨ ਫਾਰਮ ਵੰਡੇ ਗਏ ਹਨ। ਅੱਜ ਦੇ ਵਿਸ਼ੇਸ਼ ਕੈਂਪਾਂ ਦੌਰਾਨ 3936 ਹੋਰ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਕੀਤੀ ਗਈ, ਜਿਸ ਨਾਲ ਹੁਣ ਤੱਕ ਕੁੱਲ
2,91,531 ਐਨਿਊਮਰੇਸ਼ਨ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਮੁਕੰਮਲ ਹੋ ਚੁੱਕੀ ਹੈ। ਇਹ ਕੁੱਲ ਕਾਰਜ ਦਾ 89 ਫ਼ੀਸਦੀ ਤੋਂ ਵੱਧ ਹੈ। ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਦੀ ਮਿਹਨਤ ਸਦਕਾ 78 ਪੋਲਿੰਗ ਸਟੇਸ਼ਨਾਂ ਦਾ ਕੰਮ 100 ਫ਼ੀਸਦੀ ਪੂਰਾ ਹੋ ਚੁੱਕਾ ਹੈ। ਵਿਧਾਨ ਸਭਾ ਹਲਕਾ 105-ਮਾਲੇਰਕੋਟਲਾ ਵਿੱਚ 1,42,588 ਅਤੇ ਹਲਕਾ 106-ਅਮਰਗੜ੍ਹ ਵਿੱਚ 1,48,943 ਫਾਰਮਾਂ ਦੀ ਡਿਜੀਟਾਈਜ਼ੇਸ਼ਨ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਬੀ.ਐਲ.ਓਜ਼ ਦਾ ਘਰ-ਘਰ ਸਰਵੇਖਣ 3 ਅਗਸਤ, 2026 ਤੱਕ ਜਾਰੀ ਰਹੇਗਾ। ਮੁੱਢਲੀ ਵੋਟਰ ਸੂਚੀ 13 ਅਗਸਤ ਨੂੰ ਪ੍ਰਕਾਸ਼ਿਤ ਹੋਵੇਗੀ, ਜਦਕਿ ਦਾਅਵੇ ਅਤੇ ਇਤਰਾਜ਼ 13 ਅਗਸਤ ਤੋਂ 12 ਸਤੰਬਰ ਤੱਕ ਪ੍ਰਾਪਤ ਕੀਤੇ ਜਾਣਗੇ। ਅੰਤਿਮ ਵੋਟਰ ਸੂਚੀ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਤਿੜਕੇ ਨੇ ਕਿਹਾ ਕਿ 100 ਫ਼ੀਸਦੀ ਡਿਜੀਟਾਈਜ਼ੇਸ਼ਨ ਪੂਰੀ ਕਰਨ ਵਾਲੇ ਬੀ.ਐਲ.ਓਜ਼ ਹੁਣ ਬੀ.ਐਲ.ਏਜ਼ ਨਾਲ ਮੀਟਿੰਗਾਂ ਕਰਕੇ ਤਾਰਕਿਕ ਵਿਸੰਗਤੀਆਂ ਨਾਲ ਸਬੰਧਤ ਦਸਤਾਵੇਜ਼ ਇਕੱਠੇ ਕਰਨਗੇ, ਜਦਕਿ ਬਾਕੀ ਬੀ.ਐਲ.ਓਜ਼ ਫਾਰਮ ਇਕੱਠੇ ਕਰਨ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਤੇਜ਼ ਕਰਨਗੇ।
ਉਨ੍ਹਾਂ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਭਾਰਤ ਚੋਣ ਕਮਿਸ਼ਨ ਵੱਲੋਂ ‘ECINET’ ਮੋਬਾਈਲ ਐਪ ਉਪਲਬਧ ਕਰਵਾਈ ਗਈ ਹੈ। ਵੋਟਰ ਇਸ ਐਪ ਰਾਹੀਂ ‘Book a Call with your BLO’ ਸਹੂਲਤ ਦੀ ਵਰਤੋਂ ਕਰਕੇ ਆਪਣੇ ਬੀ.ਐਲ.ਓ. ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਐਪ ਐਂਡਰਾਇਡ ਅਤੇ ਆਈ.ਓ.ਐੱਸ. ਦੋਵਾਂ ਪਲੇਟਫਾਰਮਾਂ ’ਤੇ ਉਪਲਬਧ ਹੈ ਅਤੇ ਪੋਸਟਰਾਂ ’ਤੇ ਦਿੱਤੇ ਕਿਊ.ਆਰ. ਕੋਡ ਨੂੰ ਸਕੈਨ ਕਰਕੇ ਵੀ ਡਾਊਨਲੋਡ ਕੀਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਮਨਜ਼ੂਰਸ਼ੁਦਾ ਦਸਤਾਵੇਜ਼ਾਂ ਵਿੱਚ ਸਰਕਾਰੀ ਕਰਮਚਾਰੀ ਜਾਂ ਪੈਨਸ਼ਨਰ ਪਹਿਚਾਣ ਪੱਤਰ, ਜਨਮ ਸਰਟੀਫਿਕੇਟ, ਪਾਸਪੋਰਟ, ਮੈਟ੍ਰਿਕ ਜਾਂ ਹੋਰ ਵਿਦਿਅਕ ਸਰਟੀਫਿਕੇਟ, ਸਥਾਈ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਪਰਿਵਾਰਕ ਰਜਿਸਟਰ ਅਤੇ ਸਰਕਾਰ ਵੱਲੋਂ ਜਾਰੀ ਜ਼ਮੀਨ ਜਾਂ ਮਕਾਨ ਅਲਾਟਮੈਂਟ ਸਰਟੀਫਿਕੇਟ ਆਦਿ ਸ਼ਾਮਲ ਹਨ। ਆਧਾਰ ਕਾਰਡ ਸਬੰਧੀ ਕਾਰਵਾਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾਵੇਗੀ।
ਤਿੜਕੇ ਨੇ ਵਿਸ਼ੇਸ਼ ਕੈਂਪਾਂ ਨੂੰ ਸਫ਼ਲ ਬਣਾਉਣ ਲਈ ਵੋਟਰਾਂ, ਬੀ.ਐਲ.ਓਜ਼, ਬੀ.ਐਲ.ਏਜ਼, ਰਾਜਨੀਤਿਕ ਪਾਰਟੀਆਂ, ਚੋਣ ਅਮਲੇ ਅਤੇ ਸਮਾਜਿਕ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ੁੱਧ ਅਤੇ ਭਰੋਸੇਯੋਗ ਵੋਟਰ ਸੂਚੀਆਂ ਮਜ਼ਬੂਤ ਲੋਕਤੰਤਰ ਦੀ ਨੀਂਹ ਹਨ ਅਤੇ ਇਸ ਮਹੱਤਵਪੂਰਨ ਕਾਰਜ ਵਿੱਚ ਹਰ ਯੋਗ ਨਾਗਰਿਕ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ।