
ਜਲੰਧਰ, 25 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਭਾਰੀ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਜੋ ਬਲਾਕ ਕੋਆਰਡੀਨੇਟਰਾਂ ਦੇ ਟ੍ਰੇਨਿੰਗ ਸੈਸ਼ਨ ਵਿੱਚ ਸ਼ਿਰਕਤ ਕਰਨ ਲਈ ਅੱਜ ਜਲੰਧਰ ਪਹੁੰਚੇ ਸਨ, ਨੇ ਸੰਬੋਧਨ ਕਰਦਿਆਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ। ਉਨ੍ਹਾਂ ਕਿਹਾ ਕਿ ਸਮੂਹਿਕ ਇਕਜੁੱਟਤਾ ਨਾਲ ਹੰਭਲਾ ਮਾਰ ਕੇ ਹੀ ਨਸ਼ੇ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕਦਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਹਲਕਾ ਕਰਤਾਰਪੁਰ ਬਲਕਾਰ ਸਿੰਘ, ਵਿਧਾਇਕ ਨਕੋਦਰ ਇੰਦਰਜੀਤ ਕੌਰ ਮਾਨ, ਵਿਧਾਇਕ ਟਾਂਡਾ ਜਸਬੀਰ ਸਿੰਘ ਰਾਜਾ ਗਿੱਲ, ਵਿਧਾਇਕ ਹੁਸ਼ਿਆਰਪੁਰ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਤੋਂ ਇਲਾਵਾ ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਹਲਕਾ ਇੰਚਾਰਜ ਅਤੇ ਭਾਰੀ ਗਿਣਤੀ ਵਿੱਚ ਬਲਾਕ ਕੋਆਰਡੀਨੇਟਰ ਮੌਜੂਦ ਸਨ।
ਨਸ਼ਿਆਂ ਖਿਲਾਫ਼ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਸ਼੍ਰੀ ਸਿਸੋਦੀਆ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪਿੰਡਾਂ ਅਤੇ ਵਾਰਡਾਂ ਵਿੱਚ ਜਾ ਕੇ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਉਨ੍ਹਾਂ ’ਤੇ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵੱਡੇ ਪੱਧਰ ’ਤੇ ਜੰਗ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਨਸ਼ਿਆਂ ’ਤੇ ਨਿਰਭਰ ਵਿਅਕਤੀਆਂ ਨੂੰ ਨਸ਼ੇ ਤੋਂ ਮੁਕਤ ਕੀਤਾ ਜਾ ਰਿਹਾ ਹੈ, ਉਥੇ ਨਸ਼ੇ ਦਾ ਕਾਰੋਬਾਰ ਕਾਰਨ ਵਾਲੇ ਵਿਅਕਤੀਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ ਪ੍ਰਾਪਰਟੀਆਂ ’ਤੇ ਬੁਲਡੋਜ਼ਰ ਵੀ ਚਲਾਏ ਜਾ ਰਹੇ ਹਨ, ਤਾਂ ਜੋ ਭਵਿੱਖ ਵਿੱਚ ਕੋਈ ਵੀ ਨਸ਼ਾ ਤਸਕਰ ਅਜਿਹਾ ਕੰਮ ਕਰਨ ਦੇ ਅੰਜਾਮ ਬਾਰੇ ਇਕ ਵਾਰ ਜ਼ਰੂਰ ਸੋਚੇ।
ਉਨ੍ਹਾਂ ਬਲਾਕ ਕੋਆਰਡੀਨੇਟਰਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਇਕ ਐਕਸ਼ਨ ਨਾ ਮੰਨਿਆ ਜਾਵੇ ਬਲਕਿ ਇਕ ਯੁੱਧ ਦੀ ਤਰ੍ਹਾਂ ਲਿਆ ਜਾਵੇ ਅਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਇਸ ਯੁੱਧ ਨੂੰ ਜਿੱਤਣ ਲਈ ਬਣਦਾ ਯੋਗਦਾਨ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਉਹ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਲਾਕ ਕੋਆਰਡੀਨੇਟਰਾਂ ਦੇ ਟ੍ਰੇਨਿੰਗ ਸੈਸ਼ਨਾਂ ਵਿਚ ਹਿੱਸਾ ਲੈ ਰਹੇ ਹਨ ਅਤੇ ਭਵਿੱਖ ਵਿੱਚ ਜ਼ਿਲ੍ਹਾ ਪੱਧਰ ‘ਤੇ ਟ੍ਰੇਨਿੰਗ ਸੈਸ਼ਨ/ਮੀਟਿੰਗਾਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਾਸੀਆਂ ਦੀ ਇਕਜੁੱਟਤਾ ਨਾਲ ਨਸ਼ਾ ਮੁਕਤ-ਰੰਗਲਾ ਪੰਜਾਬ ਬਣੇਗਾ।
ਉਨ੍ਹਾਂ ਹਲਕਾ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ’ਤੇ ਖੁਦ ਇਸ ਯੁੱਧ ਲਈ ਮੈਦਾਨ ਵਿੱਚ ਨਿਤਰਣ ਅਤੇ ਬਲਾਕ ਕੋਆਰਡੀਨੇਟਰਾਂ ਵਲੋਂ ਕੀਤੀ ਜਾ ਰਹੀ ਕਾਰਵਾਈ ਦੀ ਬਾਰੀਕੀ ਨਾਲ ਨਿਗਰਾਨੀ ਕਰਨ।
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਇਸ ਕਾਰਵਾਈ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਅਪਣਾਏ ਗਏ ਸਖ਼ਤ ਰੁਖ਼ ਸਦਕਾ ਅੱਜ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਹਨ ਜਾਂ ਸੂਬਾ ਛੱਡਕੇ ਜਾ ਚੁੱਕੇ ਹਨ।
ਇਸ ਤੋਂ ਪਹਿਲਾਂ ਨਸ਼ਾ ਮੁਕਤੀ ਮੋਰਚਾ ਦੋਆਬਾ ਜ਼ੋਨ ਦੇ ਕੋਆਰਡੀਨੇਟਰ ਨਯਨ ਛਾਬੜਾ ਵਲੋਂ ਬਲਾਕ ਕੋਆਰਡੀਨੇਟਰਾਂ ਦਾ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ। ਇਸ ਟ੍ਰੇਨਿੰਗ ਸੈਸ਼ਨ ਵਿੱਚ ਬਲਾਕ ਕੋਆਰਡੀਨੇਟਰ ਆਨਲਾਈਨ ਵੀ ਜੁੜੇ ਹੋਏ ਸਨ।
ਇਸ ਮੌਕੇ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ, ਚੇਅਰਮੈਨ ਇੰਪਰੂਵਮੈਂਟ ਟਰੱਸਟ ਰਮਣੀਕ ਸਿੰਘ ਰੰਧਾਵਾ, ਵਾਈਸ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰਿੰ. ਪ੍ਰੇਮ ਕੁਮਾਰ, ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਨਿਤਿਨ ਕੋਹਲੀ, ਦਿਨੇਸ਼ ਢੱਲ, ਹਰਜੀ ਮਾਨ ਹਲਕਾ ਇੰਚਾਰਜ ਫ਼ਗਵਾੜਾ, ਨਸ਼ਾ ਮੁਕਤੀ ਮੋਰਚਾ ਦੋਆਬਾ ਜ਼ੋਨ ਦੇ ਵਾਈਸ ਕੋਆਰਡੀਨੇਟਰ ਅਤਿਨ ਅਗਨੀਹੋਤਰੀ ਅਤੇ ਵੱਖ-ਵੱਖ ਜ਼ਿਲ੍ਹਾ ਤੇ ਹਲਕਾ ਇੰਚਾਰਜਾਂ ਤੋਂ ਇਲਾਵਾ ਬਲਾਕ ਕੋਆਰਡੀਨੇਟਰ ਵੀ ਮੌਜੂਦ ਸਨ।