
ਨੰਗਲ 11 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਮੁਕਤ ਸਮਾਜ ਸਿਰਜਣ ਲਈ ਚਲਾਈ ਜਾ ਰਹੀ ਮਹੱਤਵਕਾਂਕਸ਼ੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਦੂਜੇ ਪੜਾਅ ਤਹਿਤ ਵਾਰਡਾਂ ਅਤੇ ਪਿੰਡਾਂ ਦੇ ਪਹਿਰੇਦਾਰਾਂ ਵੱਲੋਂ ਸ਼ਹਿਰਾਂ ਵਿੱਚ ਨਸ਼ਾ ਤਸਕਰਾਂ ਖਿਲਾਫ਼ ਵਿਆਪਕ ਜਾਗਰੂਕਤਾ ਮੁਹਿੰਮ ਅਰੰਭ ਕੀਤੀ ਗਈ ਹੈ। ਇਹ ਮੁਹਿੰਮ ਆਮ ਲੋਕਾਂ ਦੀ ਭਾਗੀਦਾਰੀ ਨਾਲ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ ਵੱਲ ਇੱਕ ਮਜ਼ਬੂਤ ਕਦਮ ਮੰਨੀ ਜਾ ਰਹੀ ਹੈ।
ਇਸੇ ਲੜੀ ਤਹਿਤ ਅੱਜ ਨੰਗਲ ਵਿੱਚ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪਿੰਡਾਂ ਅਤੇ ਵਾਰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚਲਾਈਆਂ ਗਈਆਂ। ਅੱਜ ਬੰਦਲੈਹੜੀ, ਬਿਭੋਰ ਸਾਹਿਬ, ਨੰਗਲ ਵਾਰਡ ਨੰਬਰ 9, ਖੇੜਾ ਕਲਮੋਟ, ਵਾਰਡ ਨੰਬਰ 11, ਵਾਰਡ ਨੰਬਰ 2, ਭਲਾਣ, ਦਘੋੜ, ਬੇਲਾ ਧਿਆਨੀ ਅਤੇ ਵਾਰਡ ਨੰਬਰ 15 ਵਿੱਚ ਪਹਿਰੇਦਾਰਾਂ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ।
ਹਰਪ੍ਰੀਤ ਸਿੰਘ ਜਿਲ੍ਹਾ ਕੋਆਰਡੀਨੇਟਰ ਤੇ ਮੋਹਿਤ ਦੀਵਾਨ ਉਪ ਕੋਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ ਜਿਲ੍ਹਾ ਰੂਪਨਗਰ ਨੇ ਕਿਹਾ ਕਿ ਪਹਿਰੇਦਾਰਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਨਸ਼ਿਆਂ ਨਾਲ ਸੰਬੰਧਿਤ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਬਾਰੇ ਡਰ ਤੋਂ ਬਿਨਾਂ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਸਮਾਜ ਦੇ ਦੁਸ਼ਮਣ ਹਨ ਅਤੇ ਉਨ੍ਹਾਂ ਖਿਲਾਫ਼ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਜਾਗਰੂਕ ਨਾਗਰਿਕ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ’ਤੇ ਕੰਮ ਕਰ ਰਹੀ ਹੈ। ਪਹਿਲੇ ਪੜਾਅ ਦੌਰਾਨ ਮਿਲੀ ਕਾਮਯਾਬੀ ਤੋਂ ਬਾਅਦ ਹੁਣ “ਯੁੱਧ ਨਸ਼ਿਆਂ ਵਿਰੁੱਧ” ਫੇਜ਼–2 ਹੋਰ ਵੀ ਅਸਰਦਾਰ ਸਾਬਤ ਹੋਵੇਗਾ, ਕਿਉਂਕਿ ਇਸ ਵਿੱਚ ਆਮ ਲੋਕਾਂ, ਨੌਜਵਾਨਾਂ, ਮਹਿਲਾਵਾਂ ਅਤੇ ਸਮਾਜਿਕ ਸੰਸਥਾਵਾਂ ਦੀ ਭੂਮਿਕਾ ਹੋਰ ਮਜ਼ਬੂਤ ਬਣਾਈ ਗਈ ਹੈ। ਨਸ਼ਾ ਛੁਡਾਉ ਕੇਂਦਰਾਂ ਅਤੇ ਪੁਨਰਵਾਸ ਸਹੂਲਤਾਂ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ।
ਹਿਤੇਸ਼ ਸ਼ਰਮਾ ਦੀਪੂ ਹਲਕਾ ਕੋਆਰਡੀਨੇਟਰ ਯੁੱਧ ਨ਼ਸ਼ਿਆ ਵਿਰੁੱਧ ਨੇ ਕਿਹਾ ਕਿ ਜਦੋਂ ਤੱਕ ਸਮਾਜ ਪੂਰੀ ਤਰ੍ਹਾਂ ਇਕਜੁੱਟ ਹੋ ਕੇ ਨਸ਼ਿਆਂ ਖਿਲਾਫ਼ ਖੜ੍ਹਾ ਨਹੀਂ ਹੁੰਦਾ, ਤਦ ਤੱਕ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਪੂਰਾ ਨਹੀਂ ਹੋ ਸਕਦਾ। “ਪਿੰਡਾਂ ਤੇ ਵਾਰਡਾਂ ਦੇ ਪਹਿਰੇਦਾਰ” ਇਸ ਲੜਾਈ ਵਿੱਚ ਇੱਕ ਮਜ਼ਬੂਤ ਕੜੀ ਬਣ ਕੇ ਨਸ਼ਾ ਮੁਕਤ ਸਮਾਜ ਦੀ ਨੀਂਹ ਰੱਖ ਰਹੇ ਹਨ।