Monday, December 22Malwa News
Shadow

‘ਯੁੱਧ ਨਸ਼ਿਆਂ ਵਿਰੁੱਧ’: 278ਵੇਂ ਦਿਨ ਪੰਜਾਬ ਪੁਲਿਸ ਵੱਲੋਂ 66 ਨਸ਼ਾ ਤਸਕਰ 2.5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ 

ਚੰਡੀਗੜ੍ਹ, 4 ਦਸੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਵਿਆਪਕ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 278ਵੇਂ ਦਿਨ ਪੰਜਾਬ ਪੁਲਿਸ ਨੇ  257 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਸਿੱਟੇ ਵਜੋਂ ਸੂਬੇ ਭਰ ਵਿੱਚ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 52 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 278 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 39,175 ਹੋ ਗਈ ਹੈ।

ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 2.5 ਕਿਲੋ ਹੈਰੋਇਨ, 40 ਕਿਲੋ ਭੁੱਕੀ, 387 ਨਸ਼ੀਲੀਆਂ ਗੋਲੀਆਂ ਅਤੇ 700 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

57 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 700 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 257 ਥਾਵਾਂ ਤੇ ਛਾਪੇਮਾਰੀ ਕੀਤੀ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 252 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

ਦੱਸਣਯੋਗ ਹੈ  ਕਿ ਰਾਜ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ  – ਲਾਗੂ ਕੀਤੀ ਹੈ, ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 50 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬਾ  ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।