
ਚੰਡੀਗੜ੍ਹ, 22 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰ ਵਲੋਂ ਲੋਕਾਂ ਨੂੰ ਪਾਰਦਰਸ਼ੀ ਸੇਵਾਵਾਂ ਮੁਹਈਆ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸੇ ਸਿਲਸਲੇ ਵਿਚ ਹੀ ਜਲ ਸਪਲਾਈ ਤੇ ਸੈਨੀਟੇਸ਼ਨ ਤੇ ਸ਼ਿਕਾਇਤ ਨਿਵਾਰਨ ਕੇਂਦਰ ਵਲੋਂ 99.70 ਫੀਸਦੀ ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਚ ਪਿਛਲੇ ਲੰਮੇ ਸਮੇਂ ਤੋਂ ਸ਼ਿਕਾਇਤ ਨਿਵਾਰਨ ਕੇਂਦਰ ਦੀ ਸਥਾਪਨਾ ਕੀਤੀ ਹੋਈ ਹੈ, ਜਿਸ ਵਿਚ ਪਿਛਲੇ ਮਹੀਨੇ ਤੱਕ ਇਕ ਲੱਖ 38 ਹਜਾਰ 331 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਇਨ੍ਹਾਂ ਵਿਚੋਂ ਹੁਣ ਤੱਕ 99.70 ਪ੍ਰਤੀਸ਼ਤ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਦੱਸਿਆ ਕਿ ਕੋਈ ਵਿਅਕਤੀ ਜਲ ਸਪਲਾਈ ਵਿਭਾਗ ਸਬੰਧੀ ਆਪਣੀ ਸ਼ਿਕਾਇਤ ਟੌਲ ਫਰੀ ਨੰਬਰ ‘ਤੇ ਦਰਜ ਕਰਵਾ ਸਕਦਾ ਹੈ।