
ਉਦੇਪੁਰ, 19 ਫਰਵਰੀ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਜਲ ਜੀਵਨ ਮਿਸ਼ਨ ਤਹਿਤ ਪੈਂਡਿੰਗ ਪਏ 111.13 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ। ਰਾਜਸਥਾਨ ਵਿਚ ਉਦੇਪੁਰ ਵਿਖੇ ਕੇਂਦਰ ਸਰਕਾਰ ਵਲੋਂ ਜਲ ਸੁਰੱਖਿਆ ਬਾਰੇ ਕਰਵਾਈ ਜਾ ਰਹੀ ਦੋ ਰੋਜ਼ਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਵੇਲੇ ਪੰਜਾਬ ਦੇ ਪਿੰਡਾਂ ਵਿਚ 2200 ਕਰੋੜ ਰੁਪਏ ਦੀ ਲਾਗਤ ਵਾਲੇ 15 ਪ੍ਰੋਜੈਕਟ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋਣ ਨਾਲ 25 ਲੱਖ ਲੋਕਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਜਾਰੀ ਕੀਤੇ ਜਾਣ ਵਾਲੀ 111.13 ਕਰੋੜ ਰੁਪਏ ਦੀ ਰਕਮ ਜੋ ਕਿ ਜਲ ਜੀਵਨ ਮਿਸ਼ਨ ਤਹਿਤ ਜਾਰੀ ਕੀਤੀ ਜਾਣੀ ਹੈ, ਉਹ ਅਜੇ ਤੱਕ ਪੈਂਡਿੰਗ ਪਈ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਇਹ ਰਕਮ ਤੁਰੰਤ ਜਾਰੀ ਕੀਤੀ ਜਾਵੇ ਤਾਂ ਜੋ ਇਸ ਫੰਡ ਨਾਲ ਹੋਰ ਕੰਮ ਕੀਤਾ ਜਾ ਸਕੇ। ਇਸ ਕਾਨਫਰੰਸ ਵਿਚ ਕੇਂਦਰੀ ਜਲ ਸ਼ਕਤੀ ਮੰਤਰੀ ਸੀ ਆਰ ਪਾਟਿਲ ਨੇ ਇਹ ਰਕਮ ਜਲਦੀ ਜਾਰੀ ਕਰਨ ਦਾ ਭਰੋਸਾ ਦਿਵਾਇਆ।