
ਹੁਸ਼ਿਆਰਪੁਰ, 9 ਦਸੰਬਰ :- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਬੁਨਿਆਦੀ ਢਾਂਚੇ, ਖਾਸ ਕਰਕੇ ਸੜਕਾਂ, ਟ੍ਰੈਫਿਕ ਲਾਈਟਾਂ ਅਤੇ ਹੋਰ ਜਨਤਕ ਸਹੂਲਤਾਂ ਦੇ ਸੁਚਾਰੂ ਕੰਮਕਾਜ਼ ਲਈ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਲੋਕਾਂ ਨੂੰ ਹੋਣ ਵਾਲੀ ਅਸੁਵਿਧਾ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਬੰਧਤ ਵਿਭਾਗਾਂ ਦੇ ਕੰਮਕਾਜ਼ ਦੀ ਨਿਗਰਾਨੀ ਹੁਣ ਨਿਯਮਿਤ ਹਫਤਾਵਾਰੀ ਮੀਟਿੰਗਾਂ ਰਾਹੀਂ ਕੀਤੀ ਜਾਵੇਗੀ, ਜਿਸ ਰਾਹੀਂ ਸਮੱਸਿਆਵਾਂ ਦੀ ਸਮੀਖਿਆ ਕੀਤੀ ਜਾਵੇਗੀ, ਉਨ੍ਹਾਂ ਦਾ ਹੱਲ ਕੀਤਾ ਜਾਵੇਗਾ ਅਤੇ ਸਮੇਂ ਸਿਰ ਪ੍ਰਗਤੀ ਯਕੀਨੀ ਬਣਾਈ ਜਾਵੇਗੀ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪ੍ਰਸ਼ਾਸਨ ਦੀ ਇਹ ਤਰਜੀਹ ਹੈ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁੱਢਲੀ ਘਾਟ ਨਾਗਰਿਕਾਂ ਨੂੰ ਪਰੇਸ਼ਾਊਨ ਨਾ ਕਰੇ। ਇਸ ਦਿਸ਼ਾ ਵਿੱਚ ਸਾਰੇ ਵਿਭਾਗਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਤਰ ਤੋਂ ਉਨ੍ਹਾਂ ਦੇ ਧਿਆਨ ਵਿੱਚ ਕੋਈ ਸ਼ਿਕਾਇਤ ਜਾਂ ਕਮੀ ਆਉਂਦੀ ਹੈ ਤਾਂ ਸਬੰਧਤ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੰਮ ਨੂੰ ਯੋਜਨਾਬੱਧ ਅਤੇ ਨਤੀਜਾ-ਮੁਖੀ ਬਣਾਉਣ ਲਈ, ਸਹਾਇਕ ਕਮਿਸ਼ਨਰ (ਜਨਰਲ) ਪਰਮਪ੍ਰੀਤ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਹ ਜ਼ਿਲ੍ਹੇ ਵਿੱਚ ਸੜਕਾਂ, ਟ੍ਰੈਫਿਕ ਲਾਈਟਾਂ ਅਤੇ ਹੋਰ ਬੁਨਿਆਦੀ ਢਾਂਚੇ ਵਿੱਚ ਕਮੀਆਂ ਸਬੰਧੀ ਸਾਰੇ ਵਿਭਾਗਾਂ ਨਾਲ ਤਾਲਮੇਲ ਯਕੀਨੀ ਬਣਾਉਣਗੇ। ਇਸ ਲਈ ਇੱਕ ਵਿਸ਼ੇਸ਼ ਗੂਗਲ ਸ਼ੀਟ ਪੋਰਟਲ ਤਿਆਰ ਕੀਤਾ ਜਾ ਰਿਹਾ ਹੈ, ਜਿਸ ‘ਤੇ ਵਿਭਾਗ ਨਿਯਮਿਤ ਤੌਰ ‘ਤੇ ਸੁਧਾਰੇ ਗਏ ਕੰਮਾਂ ਦੀਆਂ ਰਿਪੋਰਟਾਂ ਅਪਲੋਡ ਕਰਨਗੇ। ਇਹ ਪ੍ਰਣਾਲੀ ਨਾ ਸਿਰਫ਼ ਪਾਰਦਰਸ਼ਤਾ ਵਧਾਏਗੀ ਸਗੋਂ ਸਮੱਸਿਆਵਾਂ ਦੇ ਜਲਦੀ ਹੱਲ ਵਿੱਚ ਵੀ ਮਦਦ ਕਰੇਗੀ। ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਹੁਸ਼ਿਆਰਪੁਰ ਨੂੰ ਨਲੋਈਆਂ ਚੌਕ ਅਤੇ ਸਲਵਾੜਾ ਚੌਕ ਵਿਖੇ ਖ਼ਰਾਬ ਟ੍ਰੈਫਿਕ ਲਾਈਟਾਂ ਦੀ ਤੁਰੰਤ ਮੁਰੰਮਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਕਿਸੇ ਵੀ ਹਾਲਤ ਵਿੱਚ ਨਾਗਰਿਕਾਂ ਨੂੰ ਕੋਈ ਅਸੁਵਿਧਾ ਨਹੀਂ ਆਉਣੀ ਚਾਹੀਦੀ ਅਤੇ ਸਾਰੀਆਂ ਬੁਨਿਆਦੀ ਸਹੂਲਤਾਂ ਬਿਨਾਂ ਕਿਸੇ ਰੁਕਾਵਟ ਦੇ ਉਪਲਬਧ ਕਰਵਾਈਆਂ ਜਾਣ।
ਆਸ਼ਿਕਾ ਜੈਨ ਨੇ ਦੁਹਰਾਇਆ ਕਿ ਲੋਕਾਂ ਦੀ ਸਹੂਲਤ ਸਭ ਤੋਂ ਮਹੱਤਵਪੂਰਨ ਹੈ ਅਤੇ ਸਾਰੇ ਵਿਭਾਗਾਂ ਨੂੰ ਜ਼ਿਲ੍ਹੇ ਵਿੱਚ ਉੱਚ ਪੱਧਰੀ ਬੁਨਿਆਦੀ ਢਾਂਚੇ ਨੂੰ ਬਣਾਈ ਰੱਖਣ ਲਈ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਹੈ।