
ਚੰਡੀਗੜ੍ਹ, 28 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਪੰਜਾਬ ਦੇ ਯਤਨਾਂ ਨੂੰ ਮਜ਼ਬੂਤ ਕਰਦਿਆਂ, ਨਸ਼ਿਆਂ ਦੇ ਵਿਰੁੱਧ ਲੜਾਈ ਵਿੱਚ ਔਰਤਾਂ ਨੂੰ ਸ਼ਕਤੀਸ਼ਾਲੀ ਬਣਾਉਣ ਦੇ ਤਰੀਕਿਆਂ ‘ਤੇ ਚਰਚਾ ਲਈ ਹਿੱਸੇਦਾਰਾਂ ਦੀ ਸਲਾਹ-ਮਸ਼ਵਰਾ ਮੀਟਿੰਗ ਆਯੋਜਿਤ ਕੀਤੀ ਗਈ।
ਅੱਜ ਇੱਥੇ ਸਿਹਤ ਸੇਵਾਵਾਂ ਨਿਰਦੇਸ਼ਾਲੇ ਵਿੱਚ ਆਯੋਜਿਤ ਇਸ ਵਰਕਸ਼ਾਪ ਦੀ ਪ੍ਰਧਾਨਗੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਰਚੁਅਲ ਤੌਰ ‘ਤੇ ਕੀਤੀ। ਇਸ ਤੋਂ ਇਲਾਵਾ, ਸਾਰੇ ਜ਼ਿਲ੍ਹਿਆਂ ਦੇ ਮਨੋਵਿਗਿਆਨੀ, ਪੰਜਾਬ ਪੁਲਿਸ ਦੇ ਨੁਮਾਇੰਦੇ ਅਤੇ ਵੱਖ-ਵੱਖ ਐੱਨ.ਜੀ.ਓ. ਵੀ ਇਸ ਵਰਕਸ਼ਾਪ ਵਿੱਚ ਸ਼ਾਮਲ ਹੋਏ।
ਡਾ. ਬਲਬੀਰ ਸਿੰਘ ਨੇ ਨਸ਼ਿਆਂ ਦੇ ਵਿਰੁੱਧ ਲੜਾਈ ਵਿੱਚ ਔਰਤਾਂ ਦੀ ਭਾਗੀਦਾਰੀ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਔਰਤਾਂ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰ ਦੇ ਮੈਂਬਰਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਮੁੜ-ਵਸੇਬਾ ਸੇਵਾਵਾਂ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਨਸ਼ਾ ਤਸਕਰਾਂ ਅਤੇ ਸਪਲਾਈ ਕਰਨ ਵਾਲਿਆਂ ਦੇ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ੇ ਦੀ ਗ੍ਰਿਫ਼ਤ ਵਿੱਚ ਆਉਣ ਤੋਂ ਰੋਕਣ ਲਈ ਮੁੜ-ਵਸੇਬਾ ਪ੍ਰੋਗਰਾਮਾਂ ਦੀ ਲੋੜ ‘ਤੇ ਜ਼ੋਰ ਦਿੱਤਾ।
ਵਰਕਸ਼ਾਪ ਦੇ ਸਮਾਪਤੀ ‘ਤੇ ਡਾ. ਬਲਬੀਰ ਸਿੰਘ ਨੇ ਸਾਰੇ ਭਾਗੀਦਾਰਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਕੱਠੇ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।
ਪੁਲਿਸ ਵਿਭਾਗ ਦੀ ਸਪੈਸ਼ਲ ਡਾਇਰੈਕਟਰ ਜਨਰਲ (ਸਪੈਸ਼ਲ ਡੀ.ਜੀ.ਪੀ.) ਕਮਿਊਨਿਟੀ ਅਫੇਅਰਜ਼ ਡਿਵੀਜ਼ਨ, ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਪੰਜਾਬ ਪੁਲਿਸ ਔਰਤਾਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣ ਲਈ ਇੱਕ ਆਊਟਰੀਚ ਪ੍ਰੋਗਰਾਮ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਸਾਡਾ ਮੰਨਣਾ ਹੈ ਕਿ ਔਰਤਾਂ ਨਸ਼ਿਆਂ ਦੇ ਵਿਰੁੱਧ ਲੜਾਈ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ, ਅਤੇ ਅਸੀਂ ਉਨ੍ਹਾਂ ਨੂੰ ਇਸ ਭੂਮਿਕਾ ਨੂੰ ਨਿਭਾਉਣ ਲਈ ਸ਼ਕਤੀਸ਼ਾਲੀ ਬਣਾਉਣਾ ਚਾਹੁੰਦੇ ਹਾਂ।
ਸਿਹਤ ਸੇਵਾਵਾਂ ਦੀ ਨਿਰਦੇਸ਼ਕ ਡਾ. ਹਤੀਦਰ ਕੌਰ ਨੇ ਸਿਵਲ ਸਰਜਨਾਂ, ਮਾਨਸਿਕ ਸਿਹਤ ਮਾਹਿਰਾਂ ਅਤੇ ਨਸ਼ਾ ਮੁਕਤੀ ਸੇਵਾ ਪ੍ਰਦਾਤਾਵਾਂ ਨੂੰ ਏਕੀਕ੍ਰਿਤ ਸਿਹਤ ਸੇਵਾਵਾਂ ਨੂੰ ਪ੍ਰਾਥਮਿਕਤਾ ਦੇਣ ਅਤੇ ਇਸ ਪ੍ਰਕਿਰਿਆ ਵਿੱਚ ਔਰਤਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ।
ਇਸ ਦੌਰਾਨ ਸਹਾਇਕ ਨਿਰਦੇਸ਼ਕ ਅਤੇ ਰਾਜ ਮਾਨਸਿਕ ਸਿਹਤ ਅਧਿਕਾਰੀ ਡਾ. ਸੰਦੀਪ ਭੋਲਾ ਨੇ ਅਲਾਇੰਸ ਇੰਡੀਆ ਦੀ ਡਾ. ਮੰਜੂ ਬਾਂਸਲ ਅਤੇ ਕੁਣਾਲ ਕਿਸ਼ੋਰ ਦੇ ਨਾਲ ਨਸ਼ਿਆਂ ਦੇ ਵਿਰੁੱਧ ਲੜਾਈ ਵਿੱਚ ਔਰਤਾਂ ਦੀ ਭਾਗੀਦਾਰੀ ਦੀ ਲੋੜ ‘ਤੇ ਚਾਨਣਾ ਪਾਇਆ।