
ਬਾਲੀਆਂ/ਮੂਲੋਵਾਲ (ਧੂਰੀ), 21 ਸਤੰਬਰ (000) – ਪੰਜਾਬ ਸਰਕਾਰ ਵੱਲੋਂ ਹਰੇਕ ਸੂਬਾ ਵਾਸੀ ਨੂੰ ਸ਼ੁੱਧ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ਉਪਰਾਲੇ ਤਹਿਤ ਅੱਜ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਬਾਲੀਆਂ ਅਤੇ ਮੂਲੋਵਾਲ ਵਿੱਚ ਨਵੀਆਂ ਜਲ ਸਪਲਾਈ ਸਕੀਮਾਂ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਦੋਵੇਂ ਕੰਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਰਵਾਈ। ਇਹਨਾਂ ਦੋਵੇਂ ਪ੍ਰੋਜੈਕਟਾਂ ਉੱਤੇ 3.69 ਕਰੋੜ ਰੁਪਏ ਦੀ ਲਾਗਤ ਆਵੇਗੀ।
ਇਸ ਮੌਕੇ ਗੱਲਬਾਤ ਕਰਦਿਆਂ ਸੁਖਵੀਰ ਸਿੰਘ ਅਤੇ ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਵੇਂਕਿ ਇਹਨਾਂ ਦੋਵਾਂ ਪਿੰਡਾਂ ਵਿੱਚ ਸ਼ੁੱਧ ਪੀਣ ਵਾਲੇ ਪਾਣੀ ਦੀ ਸਹੂਲਤ ਤਾਂ ਪਹਿਲਾਂ ਹੀ ਸੀ ਪਰ ਹੁਣ ਇਹਨਾਂ ਦਾ ਦਾਇਰਾ ਹੋਰ ਵਧਾਉਣ ਦੇ ਨਾਲ ਨਾਲ ਵਿਕਸਤ ਕੀਤਾ ਜਾ ਰਿਹਾ ਹੈ। ਜਿਸ ਉਪਰੰਤ ਦੋਵੇਂ ਪਿੰਡਾਂ ਦੇ 1350 ਤੋਂ ਵਧੇਰੇ ਘਰਾਂ ਨੂੰ ਨਵੇਂ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ। ਜਿਸ ਨਾਲ ਇਹਨਾਂ ਪਿੰਡਾਂ ਵਿੱਚ ਪਹਿਲਾਂ ਤੋਂ ਮੌਜੂਦ ਜਲ ਸਪਲਾਈ ਸਕੀਮਾਂ ਉੱਤੋਂ ਵਾਧੂ ਭਾਰ ਘਟੇਗਾ ਅਤੇ ਲੋਕਾਂ ਨੂੰ ਬਿਨਾ ਕਿਸੇ ਸਮੱਸਿਆ ਅਤੇ ਰੁਕਾਵਟ ਦੇ ਪਾਣੀ ਮਿਲਣ ਲੱਗੇਗਾ।
ਉਹਨਾਂ ਕਿਹਾ ਕਿ ਪਿੰਡ ਬਾਲੀਆਂ ਵਿੱਚ 2.17 ਕਰੋੜ ਰੁਪਏ ਦੀ ਲਾਗਤ ਨਾਲ 11 ਕਿਲੋਮੀਟਰ ਲੰਮੀ ਪਾਈਪਲਾਈਨ ਪਾਈ ਜਾ ਰਹੀ ਹੈ ਅਤੇ 200 ਮੀਟਰ 2 ਡੂੰਘੇ ਟਿਊਬਵੈੱਲ ਲਗਾਏ ਜਾ ਰਹੇ ਹਨ। ਇਸੇ ਤਰ੍ਹਾਂ ਪਿੰਡ ਮੂਲੋਵਾਲ ਵਿੱਚ ਵੀ 1.52 ਕਰੋੜ ਰੁਪਏ ਦੀ ਲਾਗਤ ਨਾਲ 11 ਕਿਲੋਮੀਟਰ ਲੰਮੀ ਪਾਈਪਲਾਈਨ ਪਾਈ ਜਾ ਰਹੀ ਹੈ ਅਤੇ 150 ਮੀਟਰ ਡੂੰਘੇ ਟਿਊਬਵੈੱਲ ਲਗਾਏ ਜਾ ਰਹੇ ਹਨ। ਦੋਵੇਂ ਪਿੰਡਾਂ ਵਿੱਚ ਨਵੀਆਂ ਪਾਣੀ ਦੀਆਂ ਟੈਂਕੀਆਂ ਵੀ ਉਸਾਰੀਆਂ ਜਾਣਗੀਆਂ। ਉਹਨਾਂ ਕਿਹਾ ਕਿ ਇਹ ਦੋਵੇਂ ਪ੍ਰੋਜੈਕਟ ਇੱਕ ਸਾਲ ਦੇ ਸਮੇਂ ਵਿੱਚ ਮੁਕੰਮਲ ਕੀਤੇ ਜਾਣਗੇ।
ਇਸ ਮੌਕੇ ਦੋਵੇਂ ਸਖਸ਼ੀਅਤਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਚੰਗੀ ਸਿੱਖਿਆ, ਵਧੀਆ ਸਿਹਤ ਸਹੂਲਤਾਂ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਮੁਹਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਜਿੱਥੇ ਲੋਕਾਂ ਨੂੰ ਪ੍ਰਸ਼ਾਸ਼ਕੀ ਸੇਵਾਵਾਂ ਉਹਨਾਂ ਦੇ ਦਰਾਂ ਉੱਤੇ ਦਿੱਤੀਆਂ ਜਾ ਰਹੀਆਂ ਹਨ ਉੱਥੇ ਹੀ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਵੀ ਉਹਨਾਂ ਦੇ ਇਲਾਕਿਆਂ ਵਿੱਚ ਦਿੱਤੀਆਂ ਜਾ ਰਹੀਆਂ ਹਨ।