Wednesday, May 20Malwa News
Shadow

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 20 ਮਈ- ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ ਲੁੱਧੜ ‘ਆਪ’ ਵਿੱਚ ਸ਼ਾਮਲ ਹੋ ਗਏ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਦੀਪ ਲੁੱਧੜ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਸੰਦੀਪ ਲੁੱਧੜ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਪੰਜਾਬ ਦੀ ਮਾਂ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਜੀ ਨੇ ਅੱਜ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਮੈਂ ਪਾਰਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਾ ਹਾਂ।

ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ ‘ਰੰਗਲਾ ਪੰਜਾਬ’ ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵੱਡੀ ਮਦਦ ਮਿਲੇਗੀ। ਆਓ ਸਾਰੇ ਰਲ ਕੇ ਪੰਜਾਬ ਦੀ ਜਵਾਨੀ ਅਤੇ ਖੇਡਾਂ ਨੂੰ ਹੋਰ ਬੁਲੰਦੀਆਂ ‘ਤੇ ਲੈ ਕੇ ਜਾਈਏ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੰਦੀਪ ਲੁੱਧੜ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।